04DEC
ਕਿਸਾਨਾਂ ਤੇ ਸਰਕਾਰ ਵਿਚਾਲੇ ਮੀਟਿੰਗ ਮੁੜ ਬੇਸਿੱਟਾ
ਨਵੀਂ ਦਿੱਲੀ, 3 ਦਸੰਬਰ
ਤਿੰਨ ਕੇਂਦਰੀ ਖੇਤੀ ਕਾਨੂੰਨਾਂ ਨੂੰ ਮਨਸੂਖ ਕਰਵਾਉਣ ਲਈ ਸੰਘਰਸ਼ ਦੇ ਰਾਹ ਪਈਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਕੇਂਦਰੀ ਮੰਤਰੀਆਂ ਨਾਲ ਚੌਥੇ ਗੇੜ ਦੀ ਗੱਲਬਾਤ ਇਕ ਫਾਰ ਫਿਰ ਕਿਸੇ ਤਣ-ਪੱਤਣ ਨਹੀਂ ਲੱਗ ਸਕੀ। ਦੋਵੇਂ ਧਿਰਾਂ ਅਗਲੇ ਗੇੜ ਦੀ ਗੱਲਬਾਤ ਲਈ ਹੁਣ 5 ਦਸੰਬਰ ਨੂੰ ਮੁੜ ਇਕੱਠੀਆਂ ਹੋਣਗੀਆਂ। ਹਾਲਾਂਕਿ ਕਿਸਾਨ ਆਗੂਆਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਜੇਕਰ ਸਰਕਾਰ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਬਾਰੇ ਕੋਈ ਫ਼ੈਸਲਾ ਨਾ ਲਿਆ ਤਾਂ ਉਹ ਸ਼ਨਿਚਰਵਾਰ ਨੂੰ ਹੋਣ ਵਾਲੀ ਬੈਠਕ ਦਾ ਬਾਈਕਾਟ ਕਰ ਸਕਦੇ ਹਨ। ਵਿਗਿਆਨ ਭਵਨ ਵਿੱਚ ਕਰੀਬ ਸੱਤ ਘੰਟੇ ਚੱਲੀ ਮੀਟਿੰਗ ਦੌਰਾਨ ਕਿਸਾਨਾਂ ਨੇ ਸਰਕਾਰ ਵੱਲੋਂ ਦੁਪਹਿਰ ਦਾ ਭੋਜਨ ਅਤੇ ਚਾਹ-ਪਾਣੀ ਦੀ ਪੇਸ਼ਕਸ਼ ਵੀ ਠੁਕਰਾ ਦਿੱਤੀ। ਉਂਜ ਕਿਸਾਨ ਯੂਨੀਅਨਾਂ ਦੇ ਆਗੂਆਂ ਨੇ ਸਰਕਾਰ ਵੱਲੋਂ ਦਿੱਤੇ ਗਏ ਸੁਝਾਵਾਂ ਨੂੰ ਨਕਾਰ ਦਿੱਤਾ ਹੈ। ਕਿਸਾਨ ਜਥੇਬੰਦੀਆਂ ਮੁਤਾਬਕ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਵਿੱਚ ਕੁਝ ਤਬਦੀਲੀ ਕਰਨ ਲਈ ਤਿਆਰ ਹੋ ਗਈ ਹੈ। ਉਂਜ ਕਿਸਾਨ ਅਜੇ ਵੀ ਇਨ੍ਹਾਂ ਕਾਨੂੰਨਾਂ ਦੀ ਵਾਪਸੀ ਅਤੇ ਘੱਟੋ-ਘੱਟ ਸਮਰਥਨ ਮੁੱਲ ਨੂੰ ਕਾਨੂੰਨੀ ਰੂਪ ਦਿੱੱਤੇ ਜਾਣ ਤੱਕ ਧਰਨੇ ਲਈ ਬਜ਼ਿਦ ਹਨ। ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਸੋਧ ਨੂੰ ਮੁੱਢੋਂ ਹੀ ਰੱਦ ਕਰ ਦਿੱਤਾ ਅਤੇ ਉਹ ਖੁੱਲ੍ਹੇ ਮਨ ਨਾਲ ਭਲਕੇ ਬੈਠਕ ਕਰਕੇ ਅਗਲੇ ਦੌਰ ਦੀ 5 ਦਸੰਬਰ ਨੂੰ ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਨਾਲ ਹੋਣ ਵਾਲੀ ਬੈਠਕ ਬਾਰੇ ਰਣਨੀਤੀ ਘੜਨਗੇ। ਇਸ ਤੋਂ ਇਲਾਵਾ ਕੇਂਦਰ ਸਰਕਾਰ ਵੱਲੋਂ ਪੇਸ਼ ਤਜਵੀਜ਼ ਵੀ ਵਿਚਾਰੀ ਜਾਵੇਗੀ। ਕਿਸਾਨ ਚਾਹੁੰਦੇ ਹਨ ਕਿ 5 ਦਸੰਬਰ ਨੂੰ ਹੋਣ ਵਾਲੀ ਬੈਠਕ ਫੈਸਲਾਕੁਨ ਹੋਵੇ ਕਿਉਂਕਿ ਧਰਨਿਆਂ ’ਤੇ ਬੈਠੇ ਕਿਸਾਨ ਆਏ ਦਿਨ ਹੋਣ ਵਾਲੀਆਂ ਬੇਸਿੱਟਾ ਬੈਠਕਾਂ ਤੋਂ ਅੱਕ ਚੁੱਕੇ ਹਨ। ਮੀਟਿੰਗ ਦੌਰਾਨ ਰੇਲ ਮੰਤਰੀ ਪਿਯੂਸ਼ ਗੋਇਲ ਅਤੇ ਵਣਜ ਰਾਜ ਮੰਤਰੀ ਸੋਮ ਪ੍ਰਕਾਸ਼ ਵੀ ਮੌਜੂਦ ਸਨ
Post Views:
1