ਜਲੰਧਰ : ਜਲੰਧਰ ਦੇ ਨਿਊ ਦਸਮੇਸ਼ ਨਗਰ ‘ਚ ਲੋਹੜੀ ਦੀ ਰਾਤ ਨੂੰ ਗੁਆਂਢੀਆਂ ‘ਚ ਹੋਈ ਲੜਾਈ ‘ਚ ਇਕ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਵਿੱਕੀ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਗੁਆਂਢੀਆਂ ਨੇ ਵਿੱਕੀ ਅਤੇ ਉਸ ਦੇ ਪਰਿਵਾਰ ਨੂੰ ਜ਼ਬਰਦਸਤੀ ਘਰੋਂ ਬਾਹਰ ਲਿਆਂਦਾ ਅਤੇ ਗਲੀ ਵਿੱਚ ਉਨ੍ਹਾਂ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਇਹ ਘਟਨਾ ਸੀ.ਸੀ.ਟੀ.ਵੀ ਕੈਮਰੇ ਵਿੱਚ ਵੀ ਕੈਦ ਹੋ ਗਈ।
ਜਾਣਕਾਰੀ ਮੁਤਾਬਕ ਦੋਸ਼ੀ ਗੁਆਂਢੀਆਂ ਨੇ ਉਸ ਦੇ ਜਵਾਈ ਅਤੇ ਹੋਰ ਲੋਕਾਂ ਨੂੰ ਕੁੱਟਮਾਰ ਲਈ ਬੁਲਾਇਆ ਸੀ। ਝਗੜੇ ਦੌਰਾਨ ਹਮਲਾਵਰਾਂ ਨੇ ਵਿੱਕੀ ਦੇ ਸਿਰ ‘ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕੀਤਾ ਜਿਸ ਤੋਂ ਬਾਅਦ ਉਹ ਜ਼ਮੀਨ ‘ਤੇ ਡਿੱਗ ਪਿਆ। ਪਰਿਵਾਰ ਵਾਲੇ ਵਿੱਕੀ ਨੂੰ ਸਿਵਲ ਹਸਪਤਾਲ ਲੈ ਗਏ ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਇਸ ਦੌਰਾਨ ਰਿਸ਼ਤੇਦਾਰਾਂ ਨੇ ਦੋਸ਼ ਲਾਇਆ ਕਿ ਮੌਕੇ ’ਤੇ ਪੁੱਜੀ ਪੁਲਿਸ ਵੱਲੋਂ ਵੀ ਕੋਈ ਕਾਰਵਾਈ ਨਹੀਂ ਕੀਤੀ ਗਈ ਅਤੇ ਨਾ ਹੀ ਨੌਜਵਾਨ ਨੂੰ ਹਸਪਤਾਲ ਪਹੁੰਚਾਇਆ ਗਿਆ। ਇਸ ਨੂੰ ਲੈ ਕੇ ਪਰਿਵਾਰਕ ਮੈਂਬਰਾਂ ‘ਚ ਰੋਸ ਪਾਇਆ ਜਾ ਰਿਹਾ ਹੈ। ਰਿਸ਼ਤੇਦਾਰਾਂ ਨੇ ਮੰਗ ਕੀਤੀ ਹੈ ਕਿ ਮੁਲਜ਼ਮਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।
The post ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਨੌਜਵਾਨ ਦਾ ਕਤਲ appeared first on Chardikla Time TV.