ਜਲੰਧਰ: ਪੰਜਾਬ ਵਿੱਚ ਵਿਜੀਲੈਂਸ ਬਿਊਰੋ (Vigilance Bureau) ਵੱਲੋਂ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਮਾਮਲੇ ਵਿੱਚ ਕੁਝ ਸਾਬਕਾ ਮੰਤਰੀਆਂ ਖ਼ਿਲਾਫ਼ ਜਾਂਚ ਵਿੱਚ ਤੇਜ਼ੀ ਲਿਆਂਦੀ ਗਈ ਹੈ। ਵਿਜੀਲੈਂਸ ਨੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਹੁਣ ਤੱਕ ਕਰੀਬ 3-4 ਸਾਬਕਾ ਮੰਤਰੀਆਂ ਖ਼ਿਲਾਫ਼ ਕੇਸ ਦਰਜ ਕੀਤੇ ਹਨ।
ਵਿਜੀਲੈਂਸ ਬਿਊਰੋ ਦੇ ਸੀਨੀਅਰ ਅਧਿਕਾਰੀਆਂ ਦਾ ਕਹਿਣਾ ਹੈ ਕਿ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਕਰੀਬ 3 ਸਾਬਕਾ ਮੰਤਰੀਆਂ ਖ਼ਿਲਾਫ਼ ਜਾਂਚ ਚੱਲ ਰਹੀ ਹੈ। ਉਨ੍ਹਾਂ ਭਾਵੇਂ ਇਨ੍ਹਾਂ ਸਾਬਕਾ ਮੰਤਰੀਆਂ ਦੇ ਨਾਵਾਂ ਦਾ ਖੁਲਾਸਾ ਨਹੀਂ ਕੀਤਾ ਹੈ ਪਰ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਮਾਮਲਿਆਂ ਦੀ ਪੜਤਾਲ ਦਾ ਕੰਮ ਜਲਦੀ ਹੀ ਪੂਰਾ ਹੋਣ ਵਾਲਾ ਹੈ। ਉਸ ਤੋਂ ਬਾਅਦ ਜੇਕਰ ਵਿਜੀਲੈਂਸ ਨੂੰ ਠੋਸ ਸਬੂਤ ਮਿਲੇ ਤਾਂ ਕੇਸ ਦਰਜ ਕੀਤਾ ਜਾ ਸਕਦਾ ਹੈ। ਬਿਊਰੋ ਦੀਆਂ ਭ੍ਰਿਸ਼ਟਾਚਾਰ ਵਿਰੋਧੀ ਕਾਰਵਾਈਆਂ ਨੂੰ ਲੈ ਕੇ ਸਿਆਸੀ ਹਲਕਿਆਂ ਵਿਚ ਹਲਚਲ ਮਚ ਗਈ ਹੈ। ਵਿਜੀਲੈਂਸ ਦੇ ਏ.ਡੀ.ਜੀ.ਪੀ ਅਤੇ ਚੀਫ ਡਾਇਰੈਕਟਰ ਵਰਿੰਦਰ ਕੁਮਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਕਰਨ ਲਈ ਖੁੱਲ੍ਹੇ ਹੱਥ ਦਿੱਤੇ ਹਨ। ਇਸੇ ਕਰਕੇ ਵਿਜੀਲੈਂਸ ਬਿਊਰੋ ਪਿਛਲੇ ਕੁਝ ਸਾਲਾਂ ਦੌਰਾਨ ਸਖ਼ਤ ਕਾਰਵਾਈ ਕਰਨ ਵਿੱਚ ਸਫ਼ਲ ਰਿਹਾ ਹੈ।
ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਅਗਲੇ ਇੱਕ-ਦੋ ਮਹੀਨਿਆਂ ਵਿੱਚ ਪੜਤਾਲ ਦਾ ਕੰਮ ਮੁਕੰਮਲ ਹੋਣ ਦੀ ਸੰਭਾਵਨਾ ਹੈ। ਇਸੇ ਤਰ੍ਹਾਂ ਪਿਛਲੀ ਅਕਾਲੀ ਸਰਕਾਰ ਦੌਰਾਨ ਹੋਏ ਸਿੰਚਾਈ ਘੁਟਾਲੇ ਦੀ ਜਾਂਚ ਵਿੱਚ ਵੀ ਕਾਫੀ ਤਰੱਕੀ ਹੋਈ ਹੈ। ਇਸ ਦੇ ਮੱਦੇਨਜ਼ਰ ਅਗਲੇ ਕੁਝ ਮਹੀਨਿਆਂ ‘ਚ ਵਿਜੀਲੈਂਸ ਭ੍ਰਿਸ਼ਟਾਚਾਰ ਨਾਲ ਜੁੜੇ ਮਾਮਲਿਆਂ ਨੂੰ ਲੈ ਕੇ ਇਕ ਵਾਰ ਫਿਰ ਸੁਰਖੀਆਂ ‘ਚ ਆ ਸਕਦੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਜੀਲੈਂਸ ਅਧਿਕਾਰੀਆਂ ਨੂੰ ਭ੍ਰਿਸ਼ਟਾਚਾਰ ਨਾਲ ਸਬੰਧਤ ਕੇਸ ਦਰਜ ਕਰਕੇ ਸਮੇਂ ਸਿਰ ਅਦਾਲਤ ਵਿੱਚ ਚਲਾਨ ਪੇਸ਼ ਕਰਨ ਲਈ ਕਿਹਾ ਗਿਆ ਹੈ।
The post ਵਿਜੀਲੈਂਸ ਦੇ ਰਾਡਾਰ ‘ਤੇ ਹੁਣ ਇਹ ਸਾਬਕਾ ਮੰਤਰੀ, ਜਾਂਚ ‘ਚ ਤੇਜ਼ੀ appeared first on Chardikla Time TV.