ਬਠਿੰਡਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਨੇ ਬਠਿੰਡਾ (Bathinda) ਦੀਆਂ ਝੀਲਾਂ ਦਾ ਨਵੀਨੀਕਰਨ ਕਰਕੇ ਸ਼ਹਿਰ ਨੂੰ ਸੂਬੇ ਖਾਸ ਕਰਕੇ ਮਾਲਵਾ ਖੇਤਰ ਦੇ ਸੈਰ-ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਇੱਥੇ ਲੇਕ ਵਿਊ ਵਿਖੇ ਜ਼ਿਲ੍ਹੇ ਨਾਲ ਸਬੰਧਤ ਵਿਧਾਇਕਾਂ ਅਤੇ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਦੌਰਾਨ ਵਿਕਾਸ ਕਾਰਜਾਂ ਅਤੇ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ। ਸੀ.ਐਮ ਭਗਵੰਤ ਮਾਨ ਨੇ ਪਹਿਲ ਦੇ ਆਧਾਰ ‘ਤੇ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਇਸ ਮੌਕੇ ਵਿਧਾਇਕ ਬਠਿੰਡਾ (ਸ਼ਹਿਰੀ) ਜਗਰੂਪ ਸਿੰਘ ਗਿੱਲ ਨੇ ਸ਼ਹਿਰ ਵਿੱਚ ਟ੍ਰੈਫਿਕ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਨਵੇਂ ਬੱਸ ਸਟੈਂਡ ਦੀ ਮੰਗ ਕੀਤੀ, ਜਿਸ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਰੋਸਾ ਦਿੱਤਾ ਕਿ ਜਲਦੀ ਹੀ ਸ਼ਹਿਰ ਨੂੰ ਇੱਕ ਹੋਰ ਨਵਾਂ ਬੱਸ ਸਟੈਂਡ ਦਿੱਤਾ ਜਾਵੇਗਾ। ਇਸ ਮੌਕੇ ਮੁੱਖ ਮੰਤਰੀ ਨੇ ਬਠਿੰਡਾ ਸ਼ਹਿਰ ਦੇ ਵਸਨੀਕਾਂ ਲਈ ਪੀਣ ਵਾਲੇ ਸਾਫ਼ ਪਾਣੀ ਦੀ ਸਮੱਸਿਆ ਦੇ ਹੱਲ ਲਈ ਮੁੱਖ ਮੰਤਰੀ ਨੇ ਝੀਲ ਨੰਬਰ 1 ਨੂੰ ਪਾਣੀ ਦੀ ਟੈਂਕੀ ਵਜੋਂ ਟ੍ਰੀਟ ਕਰਨ ਲਈ ਨਿਗਮ ਅਤੇ ਪਾਵਰਕੌਮ ਨਾਲ ਮਿਲ ਕੇ ਇਸ ਪ੍ਰਾਜੈਕਟ ਨੂੰ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਆਖਿਆ।
ਮੁੱਖ ਮੰਤਰੀ ਨੇ ਕਿਹਾ ਕਿ ਬਠਿੰਡਾ ਸ਼ਹਿਰ ਨੂੰ ਮਾਲਵੇ ਵਿੱਚ ਸੈਰ-ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਦੇ ਮੱਦੇਨਜ਼ਰ ਬਠਿੰਡਾ ਝੀਲਾਂ ਦੀ ਮੁਰੰਮਤ ਦਾ ਪ੍ਰਾਜੈਕਟ ਵੀ ਜਲਦੀ ਹੀ ਲਾਗੂ ਕੀਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਇਹ ਵੀ ਦੱਸਿਆ ਕਿ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਦੇ ਨਾਲ-ਨਾਲ ਸੂਬਾ ਸਰਕਾਰ ਵੱਲੋਂ ਕਿਸਾਨਾਂ ਨੂੰ ਰਵਾਇਤੀ ਫ਼ਸਲਾਂ ਦੇ ਚੱਕਰ ‘ਚੋਂ ਕੱਢ ਕੇ ਘੱਟ ਲਾਗਤ ਵਾਲੀਆਂ ਅਤੇ ਵੱਧ ਆਮਦਨ ਵਾਲੀਆਂ ਫ਼ਸਲਾਂ ਦੀ ਕਾਸ਼ਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਨਾਲ ਕਿਸਾਨਾਂ ਨੂੰ ਆਮਦਨ ਹੁੰਦੀ ਹੈ।
ਇਸ ਦੌਰਾਨ ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤਹਿਤ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਦੇ ਮੱਦੇਨਜ਼ਰ ਨਵੇਂ ਕਲਾਸ ਰੂਮ ਬਣਾਏ ਜਾ ਰਹੇ ਹਨ, ਤਾਂ ਜੋ ਵਿਦਿਆਰਥੀਆਂ ਨੂੰ ਸਮੇਂ ਦੇ ਸਾਥੀ ਬਣਾਇਆ ਜਾ ਸਕੇ।
The post CM ਭਗਵੰਤ ਮਾਨ ਨੇ ਇਸ ਜ਼ਿਲ੍ਹੇ ਨੂੰ ‘ਟੂਰਿਸਟ ਹੱਬ’ ਬਣਾਉਣ ਦਾ ਕੀਤਾ ਐਲਾਨ appeared first on Chardikla Time TV.